ਅਮਰੀਕਾ ਦੇ ਮਿਸੀਸਿਪੀ ਵਿੱਚ ਇੱਕ ਅਣਪਛਾਤੇ ਕਾਰ ਚਾਲਕ ਵੱਲੋਂ ਕੀਤੀ ਗੋਲੀਬਾਰੀ ਵਿੱਚ ਕਪੂਰਥਲਾ ਦੇ ਬੇਗੋਵਾਲ ਵਾਸੀ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਇਕ ਦੁਕਾਨ ਦੇ ਬਾਹਰ ਕੰਮ ਕਰ ਰਿਹਾ ਸੀ। ਕਪੂਰਥਲਾ ਦੇ ਵਿਅਕਤੀ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।
ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਾਸੀ ਬੇਗੋਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਦਾ ਰਹਿਣ ਵਾਲਾ ਜਸਵੀਰ ਸਿੰਘ ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿੱਚ ਇੱਕ ਸਟੋਰ ’ਤੇ ਕੰਮ ਕਰਦਾ ਸੀ। ਉਸ ਦੇ ਪਿਤਾ ਵੱਸਣ ਸਿੰਘ ਨੇ ਦੱਸਿਆ ਕਿ ਉਸ ਦਾ 33 ਸਾਲਾ ਲੜਕਾ ਜਸਵੀਰ ਸਿੰਘਇਕ ਸਾਲ ਪਹਿਲਾਂ 40 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਚੰਗੇ ਭਵਿੱਖ ਦੀ ਭਾਲ ਵਿਚ ਅਮਰੀਕਾ ਗਿਆ ਸੀ। ਉਸ ਦੇ ਦੋ ਬੱਚੇ (ਇੱਕ ਧੀ ਅਤੇ ਇੱਕ ਪੁੱਤਰ) ਹਨ। ਉਸ ਦਾ ਭਰਾ ਵੀ ਆਪਣੇ ਪਰਿਵਾਰ ਨਾਲ ਵਿਦੇਸ਼ ਵਿੱਚ ਰਹਿੰਦਾ ਹੈ। ਵੱਸਣ ਸਿੰਘ ਨੇ ਇਹ ਵੀ ਦੱਸਿਆ ਕਿ ਜਸਵੀਰ ਸਿੰਘ ਕੁਝ ਦਿਨ ਪਹਿਲਾਂ ਇੱਕ ਦੁਕਾਨ ਦੇ ਬਾਹਰ ਕੰਮ ਕਰ ਰਿਹਾ ਸੀ ਤਾਂ ਇੱਕ ਕਾਰ ਵਿੱਚ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਜਸਵੀਰ ਸਿੰਘ ਅਤੇ ਉੱਥੇ ਮੌਜੂਦ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਮ੍ਰਿਤਕ ਜਸਵੀਰ ਸਿੰਘ ਦੇ ਪਿਤਾ ਵੱਸਣ ਸਿੰਘ ਨੇ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦੇ ਬੱਚੇ ਆਪਣੇ ਪਿਤਾ ਨੂੰ ਆਖਰੀ ਵਾਰ ਦੇਖ ਸਕਣ। ਇਸ ਘਟਨਾ ਬਾਰੇ ਮਿਸੀਸਿਪੀ ਦੇ ਜੈਕਸਨ ਸ਼ਹਿਰ ਦੇ ਪੁਲਿਸ ਮੁਖੀ ਜੋਸੇਫ ਵੇਡ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਮਲਾਵਰ ਕਾਲੇ ਰੰਗ ਦੀ ਹੋਂਡਾ ਕਾਰ 'ਚ ਆਏ ਸਨ, ਜਿਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Comments
Start the conversation
Become a member of New India Abroad to start commenting.
Sign Up Now
Already have an account? Login