ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਵੀ ਕਈ ਵਾਰ ਮਤੇ ਪਾਸ ਕਰਕੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਸਰਕਾਰਾਂ ਨੂੰ ਲਿਖਿਆ ਗਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਨੌਜੁਆਨ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਸ. ਗੁਰਜੀਤ ਸਿੰਘ ਖ਼ਾਲਸਾ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਸਰਕਾਰਾਂ ਨੂੰ ਇਸ ਗੰਭੀਰ ਮਾਮਲੇ ਪ੍ਰਤੀ ਸੰਜੀਦਾ ਹੋਣ ਅਤੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਸਖ਼ਤ ਕਾਨੂੰਨ ਬਣਾਉਣ ਲਈ ਵੀ ਆਖਿਆ।
ਇਥੇ ਦੱਸਣਯੋਗ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਤੋਂ ਦੁਖੀ ਹੋ ਕੇ ਭਾਈ ਗੁਰਜੀਤ ਸਿੰਘ ਜੀ ਖਾਲਸਾ ਪਿੰਡ ਖੇੜੀ ਨਗਾਈਆਂ 12 ਅਕਤੂਬਰ ਤੋਂ ਸਮਾਣਾ ਤਹਿਸੀਲ ਕੰਪਲੈਕਸ ਦੇ ਨੇੜੇ ਜੋ ਬੀ.ਐਸ.ਐਨ.ਐਲ ਦਾ ਤਕਰੀਬਨ 400 ਫੁੱਟ ਉੱਚਾ ਟਾਵਰ ਹੈ ਉਸ ਟਾਵਰ ’ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਰਮਾਂ ਨਾਲ ਸਬੰਧਤ ਧਾਰਮਿਕ ਗ੍ਰੰਥਾਂ ਲਈ 2018 ਵਿੱਚ ਪਾਸ ਕੀਤੇ ਗਏ ਕਾਨੂੰਨ ਨੂੰ ਜਲਦ ਲਾਗੂ ਕੀਤਾ ਜਾਵੇ। ਇਹ ਕਾਨੂੰਨ ਇਸ ਸਮੇਂ ਰਾਸਟਰਪਤੀ ਕੋਲ ਵਿਚਾਰ ਅਧੀਨ ਹੈ।
ਗੁਰਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਤਹਿਸੀਲ ਪਾਰਕ ਪਹੁੰਚੀਆਂ। ਜਿੱਥੇ ਉਹਨਾਂ ਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ ਗਈ। ਇਸ ਸਮਾਗਮ ਦੇ ਵਿੱਚ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
Comments
Start the conversation
Become a member of New India Abroad to start commenting.
Sign Up Now
Already have an account? Login