ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨਣ ਵਿੱਚ ਲੱਗੀਆਂ ਹੋਈਆਂ ਹਨ। ਉਸ ਸਮੇਂ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਂਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪਾਰਟੀ ਦੇ ਮੁੱਖ ਦਫ਼ਤਰ ’ਚ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਸਾਰਿਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ ਪਾਰਟੀ ਵੱਲੋਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਚਾਰਾਂ ਸੀਟਾਂ ’ਤੇ ਆਪਣੇ ਉਮੀਦਵਾਰ ਨਹੀਂ ਖੜੇ ਕੀਤੇ ਜਾਣਗੇ।
ਉਨ੍ਹਾਂ ਇਸ ਪਿੱਛੇ ਮੁੱਖ ਕਾਰਨ ਤਖ਼ਤ ਸ਼੍ਰੀ ਅਕਾਲ ਤਖ਼ਤ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣਾ ਦੱਸਿਆ। ਹਾਲਾਂਕਿ ਅਕਾਲ ਤਖ਼ਤ ਦੇ ਜਥੇਦਾਰ ਰਖਬੀਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਸ਼੍ਰੋਮਣੀ ਅਕਾਲੀ ਦਲ ਉੱਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਸਬੰਧੀ ਕਿਸੇ ਕਿਸਮ ਦੀ ਕੋਈ ਪਾਬੰਦੀ ਨਹੀਂ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ 'ਤਨਖ਼ਾਹੀਆ' ਐਲਾਨਿਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਜ਼ਿਮਨੀ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਛੋਟ ਦਿੱਤੀ ਜਾਵੇ। ਜਿਸ ਦੇ ਜਵਾਬ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਸੀ ਕਿ ਕੋਈ ਵੀ ਤਨਖ਼ਾਹੀਆ ਵਿਅਕਤੀ ਜਦੋਂ ਤੱਕ ਸੰਬੰਧਿਤ ਮਾਮਲੇ ਸਬੰਧੀ ਤਨਖ਼ਾਹ ਨਹੀਂ ਲਗਵਾ ਲੈਂਦਾ ਅਤੇ ਇਸ ਨੂੰ ਪੂਰਾ ਨਹੀਂ ਕਰ ਲੈਂਦਾ ਉਸ ਨੂੰ ਅਜਿਹੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਇਹ ਮਾਮਲਾ ਦਿਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਸੀ। ਚੀਮਾ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਨੇ ਜੋ ਵੀ ਨੈਤਿਕ ਜ਼ਿੰਮੇਵਾਰੀ ਲਈ ਹੈ ਉਹ ਪਾਰਟੀ ਕਰਕੇ ਲਈ ਹੈ। ਅਸੀਂ ਕਦੀ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਹਰ ਨਹੀਂ ਹਾਂ।”
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਜ਼ਿਮਨੀ ਚੋਣਾਂ ਅਤੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਬਾਰੇ ਇੱਕ ਵੀਡੀਓ ਜਾਰੀ ਕਰਕੇ ਅਕਾਲ ਤਖ਼ਤ ਦੇ ਹੁਕਮਾਂ ਬਾਰੇ ਦੱਸਿਆ।
ਉਨ੍ਹਾਂ ਕਿਹਾ, “ਪੰਜਾਬ ਵਿੱਚ ਅਗਲੇ ਮਹੀਨੇ ਚਾਰ ਹਲਕਿਆਂ ਵਿੱਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੀ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈ ਸਕਦਾ ਹੈ। ਉਹ ਚੋਣਾਂ ਲੜ ਸਕਦਾ ਹੈ। ਅਕਾਲੀ ਦਲ ਦੇ ਚੋਣਾਂ ਲੜਨ ’ਤੇ ਕੋਈ ਪਾਬੰਦੀ ਨਹੀਂ ਹੈ। ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਾਮਲਾ ਹੈ ਜਿਸ ਵਿੱਚ ਅਕਾਲ ਤਖ਼ਤ ਦੀ ਪਰੰਪਰਾ ਅਤੇ ਮਰਿਆਦਾ ਮੁਤਾਬਕ ਉਨ੍ਹਾਂ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।”
Comments
Start the conversation
Become a member of New India Abroad to start commenting.
Sign Up Now
Already have an account? Login