ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਪਰਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਅੰਮ੍ਰਿਤਸਰ ਪੁੱਜੇ। ਇਸ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਪੂਰੀ ਟੀਮ ਦਿੱਲੀ ਪਹੁੰਚੀ ਸੀ। ਅੰਮ੍ਰਿਤਸਰ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐਤਵਾਰ ਸਵੇਰੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ, ਜਿੱਥੇ ਉਨ੍ਹਾਂ ਦਾ ਸਵਾਗਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਪਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਨੇ ਕੀਤਾ।
ਇਸ ਤੋਂ ਇਲਾਵਾ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਸੀ। ਸਵੇਰ ਤੋਂ ਹੀ ਹਾਕੀ ਪ੍ਰੇਮੀ ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਦੇ ਹੋਏ ਹਵਾਈ ਅੱਡੇ 'ਤੇ ਪਹੁੰਚ ਗਏ ਸਨ। ਖਿਡਾਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਦੱਸ ਦਈਏ ਕਿ ਪੈਰਿਸ ਉਲੰਪਿਕ ਜੇਤੂ ਭਾਰਤੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਸਾਰੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚ ਗਏ ਸਨ। ਹਵਾਈ ਅੱਡੇ 'ਤੇ ਸਵਾਗਤ ਤੋਂ ਬਾਅਦ ਸਾਰੇ ਹਾਕੀ ਖਿਡਾਰੀ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕੈਬਨਿਟ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਤੇ ਫ਼ਖਰ ਵਾਲੀ ਗੱਲ ਹੈ ਕਿ ਜਦੋਂ ਵੀ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਭਰਵੀਂ ਸ਼ਮੂਲੀਅਤ ਰਹੀ ਹੈ ਤਾਂ ਟੀਮ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜਿੱਤਣਾ ਵੀ ਉਨ੍ਹਾਂ ਵਿੱਚੋਂ ਇੱਕ ਹੈ। ਉਨ੍ਹਾਂ ਹਾਕੀ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੇ ਲੰਮੇ ਅਰਸੇ ਤੋਂ ਬਾਅਦ ਪੰਜਾਬ ਦੇ ਹਾਕੀ ਨਾਲ ਸਬੰਧਤ ਇਤਿਹਾਸ ਨੂੰ ਦੁਹਰਾਇਆ ਹੈ।
ਐਡਵੋਕੇਟ ਧਾਮੀ ਨੇ ਨੌਜਵਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਦੇਸ਼ ਦੀ ਹਾਕੀ ਟੀਮ ਵਿੱਚ ਵੱਡੀ ਗਿਣਤੀ ਪੰਜਾਬੀ ਖਿਡਾਰੀਆਂ ਤੋਂ ਉਹ ਪ੍ਰੇਰਣਾ ਲੈਣ ਅਤੇ ਖੇਡਾਂ ਵਿੱਚ ਅੱਗੇ ਆਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਖਿਡਾਰੀਆਂ ਨੂੰ ਉਤਸ਼ਾਹਤ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਤੇ ਸਿੱਖਾਂ ਦਾ ਮਾਣ ਵਧਾਉਣ ਵਾਲੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ ਜਾਂਦੀ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਰਤੀ ਹਾਕੀ ਟੀਮ ਲਈ ਖੇਡੇ ਸਾਬਤ ਸੂਰਤ ਗੁਰਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਜ਼ਿਕਰ ਕਰਦਿਆਂ ਸਿੱਖ ਪਰਿਵਾਰਾਂ ਨਾਲ ਸਬੰਧਤ ਖਿਡਾਰੀਆਂ ਨੂੰ ਆਪਣੇ ਸਿੱਖੀ ਸਰੂਪ ਬਰਕਰਾਰ ਰੱਖਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਹਾਕੀ ਟੀਮ ਦੇ ਕਪਤਾਨ ਸ. ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਅੱਜ ਟੀਮ ਦੇ ਖਿਡਾਰੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਹੀ ਟੀਮ ਵੱਲੋਂ ਇਹ ਪ੍ਰਾਪਤੀ ਸੰਭਵ ਹੋ ਸਕੀ ਹੈ ਅਤੇ ਉਨ੍ਹਾਂ ਟੀਮ ਲਈ ਭਵਿੱਖ ਅੰਦਰ ਹੋਰ ਬਿਹਤਰ ਪ੍ਰਦਰਸ਼ਨ ਦੀ ਅਰਦਾਸ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪੁੱਜੇ ਭਾਰਤੀ ਹਾਕੀ ਟੀਮ ਦੇ ਨੌਂ ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਸੁਖਜੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜੁਗਰਾਜ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਟੀਮ ਦੇ ਕੋਚ ਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।
ਇਥੇ ਦੱਸ ਦਈਏ ਕਿ ਅੰਮ੍ਰਿਤਸਰ ਹਵਾਈ ਅੱਡੇ 'ਤੇ ਖਿਡਾਰੀਆਂ ਦਾ ਸਵਾਗਤ ਕਰਨ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਓਲੰਪਿਕ ਲਈ ਭਾਰਤੀ ਟੀਮ ਵਿੱਚ ਸ਼ਾਮਲ ਪੰਜਾਬ ਦੇ ਹਰੇਕ ਖਿਡਾਰੀ ਨੂੰ 1-1 ਕਰੋੜ ਰੁਪਏ ਦਾ ਇਨਾਮ ਦੇਵੇਗੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ 'ਤੇ ਹਮੇਸ਼ਾ ਹੀ ਨਸ਼ੇੜੀ ਹੋਣ ਦਾ ਦੋਸ਼ ਲਗਾਇਆ ਜਾਂਦਾ ਹੈ ਪਰ ਭਾਰਤੀ ਟੀਮ ਪੰਜਾਬ ਦੇ 10 ਖਿਡਾਰੀ ਖੇਡੇ ਅਤੇ ਜੇਤੂ ਰਹੇ, ਇਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਨੌਜਵਾਨ ਬਹਾਦਰ ਅਤੇ ਖੇਡ ਪ੍ਰੇਮੀ ਹਨ।
ਕੈਪਟਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣਾ ਵੀ ਭਾਰਤੀ ਹਾਕੀ ਟੀਮ ਲਈ ਵੱਡੀ ਪ੍ਰਾਪਤੀ ਹੈ। ਸਾਡਾ ਟੀਚਾ ਗੋਲਡ ਜਿੱਤਣਾ ਸੀ ਪਰ ਕਿਸੇ ਕਾਰਨ ਅਸੀਂ ਗੋਲਡ ਨਹੀਂ ਜਿੱਤ ਸਕੇ। ਇਸ ਬਾਰੇ ਸਾਡੇ ਮਨਾਂ ਵਿੱਚ ਹਮੇਸ਼ਾ ਸਵਾਲ ਉੱਠਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਸੀਂ ਕਾਂਸੀ ਦਾ ਤਮਗਾ ਜਿੱਤਿਆ ਹੈ ਅਤੇ ਅਗਲੀ ਵਾਰ ਸੋਨ ਤਮਗਾ ਭਾਰਤੀ ਟੀਮ ਦੇ ਨਾਂ ਹੋਵੇਗਾ।
Comments
Start the conversation
Become a member of New India Abroad to start commenting.
Sign Up Now
Already have an account? Login