ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਨਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ’ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਹ ਮੁਕਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ ਸਨ। ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।
ਸ਼੍ਰੋਮਣੀ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵੀ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਮੀਤ ਸਿੰਘ ਬੂਹ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਜਗਸੀਰ ਸਿੰਘ ਮਾਗੇਆਣਾ ਸਕੱਤਰ ਸ. ਪ੍ਰਤਾਪ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login