ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ ਉੱਤੇ ਪੰਜਾਬ ਸਰਕਾਰ ਨੇ ਨਵੇਂ ਸਿਰੇ ਤੋਂ NSA ਲਗਾਇਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ‘ਤੇ ਨਵੇਂ ਸਿਰੇ ਤੋਂ NSA ਲਗਾਇਆ ਗਿਆ ਹੈ।
ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ।
ਅਦਾਲਤ ‘ਚ ਪਟੀਸ਼ਨਕਰਤਾਵਾਂ ਵੱਲੋਂ ਇਹ ਦੱਸਿਆ ਗਿਆ ਕਿ ਪਿਛਲੇ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਸਣੇ 10 ਸਾਥੀਆਂ ਖਿਲਾਫ NSA ਲਾ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। NSA ਦੇ ਹੁਕਮ ਇੱਕ ਸਾਲ ਤੱਕ ਹੀ ਲਾਗੂ ਰਹਿ ਸਕਦੇ ਹਨ, ਪਰ ਹੁਣ ਇਹ ਆਦੇਸ਼ ਖ਼ਤਮ ਹੋ ਚੁੱਕੇ ਹਨ, ਇਸ ਉੱਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਅਡੀਸ਼ਨਲ AG ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਸਾਰਿਆਂ ਦੇ ਖਿਲਾਫ ਨਵੇਂ ਸਿਰੇ ਤੋਂ NSA ਲਾਇਆ ਗਿਆ ਹੈ।
ਹਾਈਕੋਰਟ ਵੱਲੋਂ ਇਸ ਮਾਮਲੇ 'ਚ ਜਾਣਕਾਰੀ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਗਲੀ ਸੁਣਵਾਈ ਤੱਕ ਹੁਕਮਾਂ ਦੀ ਜਾਣਕਾਰੀ ਦਾ ਵੇਰਵਾ ਦੇਣ ਦਾ ਸਮਾਂ ਮੰਗਿਆ ਹੈ ।
ਅੰਮ੍ਰਿਤਪਾਲ ਸਿੰਘ, ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰ ਸਿੰਘ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਾਈ ਗਈ NSA ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ |
ਨੈਸ਼ਨਲ ਸਿਕਿਉਰਿਟੀ ਐਕਟ (NSA) ਇੱਕ ਅਜਿਹਾ ਕਾਨੂੰਨ ਹੈ ਜਿਸ ਵਿਚ ਤਜ਼ਵੀਜ ਹੈ ਕਿ ਜੇਕਰ ਕੋਈ ਵਿਅਕਤੀ ਕੋਈ ਖਾਸ ਖ਼ਤਰਾ ਪੈਦਾ ਕਰਦਾ ਹੈ, ਤਾਂ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ। ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਹ ਵਿਅਕਤੀ ਦੇਸ਼ ਲਈ ਖ਼ਤਰਾ ਹੈ, ਤਾਂ ਉਸਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਇਹ ਐਕਟ 1980 ਵਿੱਚ ਦੇਸ਼ ਦੀ ਸੁਰੱਖਿਆ ਦੇ ਲਿਹਾਜ਼ ਨਾਲ ਸਰਕਾਰ ਨੂੰ ਵਧੇਰੇ ਸ਼ਕਤੀ ਦੇਣ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਇਹ ਐਕਟ ਸਰਕਾਰ ਨੂੰ ਸ਼ਕਤੀ ਦਿੰਦਾ ਹੈ ਕਿ ਜੇਕਰ ਉਹ ਮਹਿਸੂਸ ਕਰਦੀ ਹੈ ਕਿ ਦੇਸ਼ ਦੇ ਹਿੱਤ ਵਿੱਚ ਕਿਸੇ ਨੂੰ ਗ੍ਰਿਫਤਾਰ ਕਰਨ ਦੀ ਲੋੜ ਹੈ, ਤਾਂ ਉਸਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸੰਖੇਪ ਵਿੱਚ, ਇਹ ਐਕਟ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਅਧਿਕਾਰ ਦਿੰਦਾ ਹੈ।
ਓਧਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਚੱਲ ਰਹੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ ਹਾਲਾਂਕਿ ਧਰਨਾ ਜਾਰੀ ਰਹੇਗਾ। ਸੰਗਤਾਂ ਦੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਤੋਂ ਬਾਅਦ ਇਹ ਹੜਤਾਲ ਸਮਾਪਤ ਕੀਤੀ ਗਈ। ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਪਰਿਵਾਰ 22 ਫਰਵਰੀ ਤੋਂ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਤੇ ਭੁੱਖ ਹੜਤਾਲ 'ਤੇ ਸੀ।
Comments
Start the conversation
Become a member of New India Abroad to start commenting.
Sign Up Now
Already have an account? Login