ਭਾਰਤ ਵਿੱਚ ਐਮਰਜੈਂਸੀ ਦੇ ਸਮੇਂ ਨੂੰ ਦਰਸਾਉਂਦੀ ਇੱਕ ਫ਼ਿਲਮ ਦਾ ਟਰੇਲਰ 14 ਅਗਸਤ ਨੂੰ ਰਿਲੀਜ਼ ਹੁੰਦਿਆਂ ਹੀ ਫ਼ਿਲਮ ਵਿਵਾਦਾਂ ਵਿੱਚ ਘਿਰ ਗਈ ਹੈ। ‘ਐਮਰਜੈਂਸੀ’ ਨਾਮ ਹੇਠ ਬਣੀ ਇਸ ਫ਼ਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਹੈ। ਉਸ ਨੇ ਫ਼ਿਲਮ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ।
ਭਾਵੇਂ ਕਿ ਫ਼ਿਲਮ ਵਿੱਚ ਜਿਸ ਤਰੀਕੇ ਨਾਲ ਇੰਦਰਾ ਗਾਂਧੀ ਨੂੰ ਪੇਸ਼ ਗਿਆ ਹੈ, ਉਸ ਉੱਤੇ ਕਾਂਗਰਸੀ ਆਗੂਆਂ ਵੱਲੋਂ ਵੀ ਇਤਰਾਜ਼ ਜ਼ਾਹਰ ਕੀਤਾ ਜਾ ਰਿਹਾ ਹੈ। ਪਰ ਸਿੱਖ ਜਗਤ 'ਚ ਫਿਲਮ ਦੇ ਟ੍ਰੇਲਰ ਨੂੰ ਲੈ ਕੇ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਲਜ਼ਾਮ ਹੈ ਕਿ ਫ਼ਿਲਮ ਵਿੱਚ ਸਿੱਖਾਂ ਬਾਰੇ ਗ਼ਲਤ ਤਰੀਕੇ ਨਾਲ ਪੇਸ਼ ਕਰਕੇ ਬਦਨਾਮ ਕਰਨ ਦੀ ਸਾਜ਼ਿਸ਼ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਰਾਜਨੀਤਿਕ ਅਤੇ ਧਾਰਮਿਕ ਆਗੂ ਫਿਲਮ 'ਤੇ ਰੋਕ ਲਗਾਉਣ ਦੀ ਮੰਗ ਕਰ ਰਹੇ ਹਨ। ਇਸੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਸਖਤ ਚੇਤਾਵਨੀ ਜਾਰੀ ਕੀਤੀ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ ਨੋਟਿਸ ਲਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਕ ਪਾਸੇ 1980-90 ਦੇ ਦਹਾਕੇ ਦੌਰਾਨ ਸਰਕਾਰ ਵਲੋਂ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕਰਕੇ ਅਣਪਛਾਤੀਆਂ ਲਾਸ਼ਾਂ ਆਖ ਕੇ ਖੁਰਦ-ਬੁਰਦ ਕਰਨ ਦੇ ਅਣਮਨੁੱਖੀ ਵਰਤਾਰੇ ਨੂੰ ਬੇਪਰਦ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਸ. ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫਿਲਮ ਵਿਚ 80 ਤੋਂ ਵੱਧ ਕੱਟ ਲਗਾਉਣ ਤੋਂ ਬਾਅਦ ਵੀ ਭਾਰਤੀ ਸੈਂਸਰ ਬੋਰਡ ਵਲੋਂ ਉਸ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ, ਜਦਕਿ 1947 ਦੀ ਵੰਡ ਤੋਂ ਬਾਅਦ ਭਾਰਤੀ ਹਕੂਮਤਾਂ ਵਲੋਂ ਸਿੱਖਾਂ ਨਾਲ ਕੀਤੀਆਂ ਬੇਇਨਸਾਫੀਆਂ ਅਤੇ ਸਿੱਖਾਂ ਵਲੋਂ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਦੇ ਬਦਲੇ ਵਿਚ ਕਾਂਗਰਸ ਸਰਕਾਰ ਵਲੋਂ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਕਹਿਰੀ ਹਮਲੇ ਦੇ ਸੰਦਰਭ ਨੂੰ ਅੱਖੋਂ-ਪਰੋਖੇ ਕਰਕੇ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ‘ਐਮਰਜੈਂਸੀ’ ਫਿਲਮ ਨੂੰ ਪ੍ਰਵਾਨਗੀ ਦੇ ਕੇ ਸਿੱਧੇ ਤੌਰ ‘ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਹਾਲਾਤ ਬਣਾਏ ਜਾ ਰਹੇ ਹਨ।
ਉਨ੍ਹਾਂ ਸਖ਼ਤ ਲਹਿਜੇ ‘ਚ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਅਕਸ ਵਿਗਾੜ ਕੇ ਪੇਸ਼ ਕਰਨ ਵਾਲੀ ਫਿਲਮ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ‘ਐਮਰਜੈਂਸੀ’ ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ‘ਤੇ ਸਰਕਾਰ ਹੋਵੇਗੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login