ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 1947 ਦੀ ਵੰਡ ਸਮੇਂ ਪੰਜਾਬੀਆਂ ਨੇ ਵੱਡਾ ਸੰਤਾਪ ਹੰਡਾਇਆ ਹੈ ਅਤੇ ਖ਼ਾਸਕਰ ਸਿੱਖਾਂ ਨੇ ਵੱਡੀਆਂ ਮਾਰਾਂ ਝੱਲੀਆਂ। ਇਸ ਵੰਡ ਦੌਰਾਨ ਜੋ ਲਕੀਰ ਖਿੱਚੀ ਗਈ, ਉਹ ਪੰਜਾਬ ਦੀ ਹਿੱਕ ’ਤੇ ਖਿੱਚੀ ਗਈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਰਾਜ ਭਾਗ ਵਾਲੀ ਵਿਰਾਸਤ ਦੇਸ਼ ਪੰਜਾਬ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਗਿਆ, ਜਿਸ ਨਾਲ ਸਿੱਖਾਂ ਦੇ ਜਾਨੋਂ ਪਿਆਰੇ ਗੁਰਧਾਮ ਵਿਛੜ ਗਏ।
ਪਾਕਿਸਤਾਨ ਅੰਦਰ ਵੱਡੀਆਂ ਜ਼ਮੀਨਾਂ ਤੇ ਕਾਰੋਬਾਰਾਂ ਦੇ ਮਾਲਕ ਸਿੱਖਾਂ ਨੂੰ ਆਪਣੀਆਂ ਜਾਇਦਾਦਾਂ ਛੱਡਣੀਆਂ ਪਈਆਂ ਅਤੇ ਇਨ੍ਹਾਂ ਰੌਲਿਆਂ ਦੌਰਾਨ ਲੱਖਾਂ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆਈਆਂ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹਿੰਦੁਸਤਾਨ ਦੇ ਆਗੂਆਂ ਨੇ ਕੀਤੇ ਵਾਅਦਿਆਂ ਨੂੰ ਭੁੱਲ ਕੇ ਉਲਟਾ ਸਿੱਖਾਂ ਨੂੰ ਜਰਾਇਮ ਪੇਸ਼ਾ ਕਹਿ ਕੇ ਭੰਡਿਆ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ 77 ਸਾਲਾਂ ਬਾਅਦ ਵੀ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਉਸ ਸਮੇਂ ਮਾਰੇ ਗਏ ਲੋਕਾਂ ਲਈ ਅਫ਼ਸੋਸ ਦੇ ਦੋ ਸ਼ਬਦ ਵੀ ਨਹੀਂ ਕਹੇ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀ ਅੱਜ ਵੀ ਜਾਰੀ ਹੈ। ਸਾਡੇ ਕਈ ਸਿੱਖ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ, ਜਿਨ੍ਹਾਂ ਨੂੰ ਸਰਕਾਰਾਂ ਰਿਹਾਅ ਨਹੀਂ ਕਰ ਰਹੀਆਂ। ਉਨ੍ਹਾਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਉਹ ਦਸਣ ਕਿ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਇਨ੍ਹਾਂ ਬੰਦੀ ਸਿੰਘਾਂ ਨੂੰ ਕਿਸ ਕਾਨੂੰਨ ਅਤੇ ਅਧਿਕਾਰ ਤਹਿਤ ਜੇਲ੍ਹਾਂ ਵਿਚ ਨਜ਼ਰਬੰਦ ਰੱਖਿਆ ਹੋਇਆ ਹੈ? ਉਨ੍ਹਾਂ ਇਹ ਵੀ ਪੁੱਛਿਆ ਕਿ ਸਿੱਖਾਂ ਲਈ ਦੇਸ਼ ਅੰਦਰ ਵੱਖਰਾ ਕਾਨੂੰਨ ਕਿਉਂ ਹੈ।
ਉਨ੍ਹਾਂ ਸਿੱਖ ਪੰਥ ਨੂੰ ਬੇਇਨਸਾਫ਼ੀਆਂ ਦੇ ਖਿਲਾਫ਼ ਸੰਘਰਸ਼ ਲਈ ਧੜੇਬੰਦੀਆਂ ਅਤੇ ਆਪਸੀ ਫੁੱਟ ਨੂੰ ਤਿਆਗ ਕੇ ਇਕਜੁਟ ਹੋਣ ਦੀ ਤਾਕੀਦ ਕਰਦਿਆਂ ਆਖਿਆ ਕਿ ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਵੰਡਣ ਦੀਆਂ ਸਾਜ਼ਿਸ਼ਾਂ, ਮਰਯਾਦਾ ਅਤੇ ਪ੍ਰੰਪਰਾਵਾਂ ’ਤੇ ਹੋ ਰਹੇ ਹਮਲਿਆਂ ਨੂੰ ਗੁਰਮਤਿ ’ਚ ਪ੍ਰਪੱਕ ਹੋ ਕੇ ਵਿਵੇਕ ਬੁੱਧੀ ਦੇ ਨਾਲ ਰੋਕਿਆ ਜਾ ਸਕਦਾ ਹੈ, ਜਿਸ ਲਈ ਸਿੱਖਾਂ ਨੂੰ ਅੰਮ੍ਰਿਤਧਾਰੀ ਹੋ ਕੇ ਬਾਣੀ ਅਤੇ ਬਾਣੇ ਦੇ ਨਾਲ ਜੁੜਨਾ ਚਾਹੀਦਾ ਹੈ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਅਤੇ ਸੰਗਤਾਂ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login