ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ। ਸ਼ਨਿਚਰਵਾਰ 2 ਮਾਰਚ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ (2024-25) ਦਾ ਬਜਟ 29 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਸਬੰਧ ਵਿਚ ਬਜਟ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਪੀਸੀਐਸ ਜੁਡੀਸ਼ਰੀ ਦੀ ਤਿਆਰੀ ਕਰਵਾਉਣ ਲਈ ਇਕ ਅਕੈਡਮੀ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਜੁਡੀਸ਼ੀਅਲ ਅਕੈਡਮੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਤ ਕੀਤੀ ਜਾਵੇਗੀ, ਜਿਸ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰਵਾਉਣ ਦੇ ਨਾਲ-ਨਾਲ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸ ਅਕੈਡਮੀ ਵਿਚ ਉਮੀਦਵਾਰਾਂ ਦੀ ਚੋਣ ਨਿਰੋਲ ਮੈਰਿਟ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਚੰਡੀਗੜ੍ਹ ਵਿਖੇ ਯੂਪੀਐੱਸਸੀ (ਆਈਏਐੱਸ, ਆਈਪੀਐੱਸ, ਆਈਐੱਫਐੱਸ) ਅਤੇ ਪੀਸੀਐੱਸ ਜਨਰਲ ਦੀ ਤਿਆਰੀ ਲਈ ਪਹਿਲਾਂ ਹੀ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਸ੍ਰੀ ਗੁਰੂ ਕਲਗੀਧਰ ਨਿਵਾਸ, ਸੈਕਟਰ 28 ਚੰਡੀਗੜ੍ਹ ਵਿਖੇ ਕਾਰਜਸ਼ੀਲ ਕੀਤਾ ਹੋਇਆ ਹੈ।
ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਦਾ ਵਿਸਥਾਰ ਦਿੰਦਿਆਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਯੂਟਿਊਬ ਚੈਨਲ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵਿਚ ਇਕ ਵਿਸ਼ੇਸ਼ ਮਤਾ ਪਾਸ ਕਰਦਿਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਕਿਸਾਨਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਬੰਦ ਕਰ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨੇ। ਪੰਜਾਬ ਸਰਕਾਰ ਵੀ ਦੋਹਰੀ ਨੀਤੀ ਛੱਡ ਕੇ ਕਿਸਾਨਾਂ ਦਾ ਸਾਥ ਦੇਵੇ।
ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੱਖ ਨੌਜੁਆਨਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਵੀ ਕਰੜੀ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਾ ਅੰਤ੍ਰਿੰਗ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਜੇਲ੍ਹ ਅੰਦਰ ਸਿੱਖ ਨੌਜੁਆਨਾਂ ਦੇ ਬਾਥਰੂਮਾਂ ਵਿਚ ਕੈਮਰੇ ਲਗਾ ਕੇ ਉਨ੍ਹਾਂ ਦੀ ਨਿੱਜਤਾ ਦੇ ਅਧਿਕਾਰਾਂ ਦੀ ਉਲੰਘਣਾ ਕਰਨੀ ਬੇਹੱਦ ਮੰਦਭਾਗੀ ਹੈ। ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੌਜੁਆਨਾਂ ਨੂੰ ਅਨਿਆਂ ਵਿਰੁੱਧ ਭੁੱਖ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ, ਪਰੰਤੂ ਪੰਜਾਬ ਦੀ ਸਰਕਾਰ ਇਸ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨੌਜੁਆਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ ਅਤੇ ਮਨੁੱਖੀ ਅਧਿਕਾਰਾਂ ਅਤੇ ਨਿੱਜਤਾ ਦੇ ਸਰੋਕਾਰਾਂ ਦੀ ਰਖਵਾਲੀ ਯਕੀਨੀ ਬਣਾਈ ਜਾਵੇ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਰਮੇਸ਼ ਸਿੰਘ ਅਤੇ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਸਮੇਤ ਚੁਣੇ ਮੈਂਬਰਾਂ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਅਧਿਕਾਰੀ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login