ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਛੇ ਮੌਜੂਦਾ ਅਤੇ ਇੱਕ ਸਾਬਕਾ ਅਕਾਲੀ ਪਿਛੋਕੜ ਵਾਲੇ ਮੈਂਬਰ 27 ਅਪ੍ਰੈਲ ਨੂੰ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਇਸ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਮੌਜੂਦਾ ਮੈਂਬਰਾਂ ਵਿੱਚੋਂ – ਸੰਯੁਕਤ ਸਕੱਤਰ ਜਸਮੈਨ ਸਿੰਘ ਨੋਨੀ, ਭੁਪਿੰਦਰ ਸਿੰਘ ਗਿੰਨੀ, ਹਰਜੀਤ ਸਿੰਘ ਪੱਪਾ, ਰਮਨਦੀਪ ਸਿੰਘ ਥਾਪੜ, ਪਰਵਿੰਦਰ ਸਿੰਘ ਲੱਕੀ, ਰਮਨਜੋਤ ਸਿੰਘ ਅਤੇ ਸਾਬਕਾ ਮੈਂਬਰ ਮਨਜੀਤ ਸਿੰਘ ਔਲਖ ਸ਼ਾਮਲ ਹਨ। ਇਨ੍ਹਾਂ ਸਿੱਖ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਵਿੱਚ ਦਿੱਲੀ ਤੋਂ ਭਾਜਪਾ ਦੇ ਰਾਸ਼ਟਰੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅਹਿਮ ਰੋਸ ਅਦਾ ਕੀਤਾ ਹੈ ਅਤੇ ਇਹ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੈ ਪ੍ਰਕਾਸ਼ ਨੱਡਾ ਦੀ ਹਾਜਰੀ ਵਿੱਚ ਸ਼ਾਮਲ ਹੋਏ।
ਭਾਜਪਾ ਦੇ ਆਗੂਆਂ ਦਾ ਦਾਅਵਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਸਮੇਤ ਦਿੱਲੀ ਦੇ 1500 ਦੇ ਕਰੀਬ ਸਿੱਖ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦਾ ਇੱਕ ਸੰਯੁਕਤ, ਸ਼ਕਤੀਸ਼ਾਲੀ, ਅਤੇ ਵਿਕਸਤ ਰਾਸ਼ਟਰ ਬਣਾਉਣ ਦਾ ਦ੍ਰਿਸ਼ਟੀਕੋਣ ਅੱਜ ਹੋਰ ਵੀ ਮਜ਼ਬੂਤ ਹੋ ਗਿਆ ਹੈ ਜਦੋਂ ਦਿੱਲੀ ਦੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ। ਮੋਦੀ ਜੀ ਦੇ ਅਣਥੱਕ ਰਾਸ਼ਟਰ ਨਿਰਮਾਣ ਦੇ ਯਤਨਾਂ ਵਿੱਚ ਆਪਣਾ ਭਰੋਸਾ ਪ੍ਰਗਟ ਕਰਦੇ ਹੋਏ ਅੱਜ, ਦਿੱਲੀ ਸਿੱਖ ਗੁਰਦੁਆਰਾ… pic.twitter.com/FxX6aWrf6T
— Amit Shah (Modi Ka Parivar) (@AmitShah) April 27, 2024
ਇਸ ਸਬੰਧੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਐਕਸ ਪੋਸਟ ਵਿੱਚ ਲਿਖਿਆ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦਾ ਇੱਕ ਸੰਯੁਕਤ, ਸ਼ਕਤੀਸ਼ਾਲੀ, ਅਤੇ ਵਿਕਸਤ ਰਾਸ਼ਟਰ ਬਣਾਉਣ ਦਾ ਦ੍ਰਿਸ਼ਟੀਕੋਣ ਅੱਜ ਹੋਰ ਵੀ ਮਜ਼ਬੂਤ ਹੋ ਗਿਆ ਹੈ ਜਦੋਂ ਦਿੱਲੀ ਦੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ।“
“ਮੋਦੀ ਜੀ ਦੇ ਅਣਥੱਕ ਰਾਸ਼ਟਰ ਨਿਰਮਾਣ ਦੇ ਯਤਨਾਂ ਵਿੱਚ ਆਪਣਾ ਭਰੋਸਾ ਪ੍ਰਗਟ ਕਰਦੇ ਹੋਏ ਅੱਜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਭਗ 6 ਮੌਜੂਦਾ ਮੈਂਬਰ ਤੇ ਇੱਕ ਸਾਬਕਾ ਮੈਂਬਰ ਸਮੇਤ ਭਾਈਚਾਰੇ ਦੇ 1500 ਮੈਂਬਰ ਭਾਜਪਾ ਵਿੱਚ ਸ਼ਾਮਲ ਹੋ ਗਏ। ਸਿੱਖ ਕੌਮ ਦਾ ਇਹ ਹੌਸਲਾ ਸਾਡੇ ਲਈ ਬਹੁਤ ਮਾਇਨੇ ਰੱਖਦਾ ਹੈ, ਜੋ ਇਤਿਹਾਸਿਕ ਤੌਰ 'ਤੇ ਕੌਮ ਨੂੰ ਸੁਰੱਖਿਅਤ ਅਤੇ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸਾਰਿਆਂ ਦਾ ਭਾਜਪਾ ਵਿੱਚ ਨਿੱਘਾ ਸੁਆਗਤ ਹੈ ਤੇ ਸਾਰਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ, ਇਹੀ ਭਾਜਪਾ ਦੀ ਪਹਿਚਾਣ ਹੈ।”, ਸ਼ਾਹ ਨੇ ਲਿਖਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ ਤਾਂ ਉਹ ਪਹਿਲਾਂ ਤੁਰੰਤ ਆਪਣੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਦੂਜੇ ਧਰਮਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੇਣ ਦੀ ਇਹ ਨੀਤੀ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਸੰਗਤ ਵੱਲੋਂ ਇਸ ਭਰੋਸੇ ਨਾਲ ਚੁਣਿਆ ਜਾਂਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਅਤੇ ਰਵਾਇਤਾਂ ਅਨੁਸਾਰ ਕਾਰਜ ਕਰਨਗੇ, ਪਰੰਤੂ ਜਦੋਂ ਗੁਰਦੁਆਰਾ ਪ੍ਰਬੰਧਾਂ ਲਈ ਚੁਣੇ ਮੈਂਬਰਾਂ ਵੱਲੋਂ ਸਿੱਖ ਵਿਰੋਧੀ ਸੋਚ ਰੱਖਣ ਵਾਲੀ ਪਾਰਟੀ ਵਿੱਚ ਜਾਣ ਦੀ ਹਰਕਤ ਕੀਤੀ ਜਾਂਦੀ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜਣੀ ਕੁਦਰਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਇਨ੍ਹਾਂ ਮੈਂਬਰਾਂ ਨੂੰ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਗੁਰੂ ਘਰਾਂ ਦਾ ਸੁਚੱਜਾ ਪ੍ਰਬੰਧ ਚਲਾਉਣ ਲਈ ਚੁਣਿਆ ਸੀ ਨਾ ਕਿ ਸਿੱਖ-ਵਿਰੋਧੀ ਪਾਰਟੀ ਵਿੱਚ ਸਿਆਸਤ ਕਰਨ ਲਈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਿੱਖ ਮਾਮਲਿਆਂ ਵਿੱਚ ਸਿੱਧੇ ਦਖ਼ਲ ਦੇ ਰਾਹ ਉੱਤੇ ਤੁਰੀ ਹੋਈ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਸਿੱਖ ਭਾਜਪਾ ਦੀ ਅਜਿਹੀਆਂ ਹਰਕਤਾਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਦਿੱਲੀ ਗੁਰਦੁਆਰਾ ਕਮੇਟੀ ਦਾ ਸਮੁੱਚਾ ਪ੍ਰਬੰਧ ਭਾਜਪਾ ਦੇ ਪ੍ਰਭਾਵ ਹੇਠ ਕੰਮ ਕਰ ਰਿਹਾ ਹੈ ਅਤੇ ਹੁਣ ਸਿੱਖ ਸੰਸਥਾ ਦਿੱਲੀ ਕਮੇਟੀ ਕੁਝ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਹਰਕਤ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਭਾਜਪਾ ਦੀ ਨੀਤੀ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਅਤੇ ਸਿੱਖ ਮਸਲਿਆਂ ਨੂੰ ਉਲਝਾਉਣ ਵਾਲੀ ਹੈ।
Comments
Start the conversation
Become a member of New India Abroad to start commenting.
Sign Up Now
Already have an account? Login