ADVERTISEMENTs

ਨਸ਼ੇ ਦੇ ਕਾਰੋਬਾਰ 'ਚ ਸ਼ਾਮਲ ਪੁਲਿਸ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਸਖਤ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼, ਪੁਲਿਸ ਕਮਿਸ਼ਨਰਾਂ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਮੀਟਿੰਗ ਕੀਤੀ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।

ਮੁੱਖ ਮੰਤਰੀ ਦੀ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ / fb @ Bhagwant Mann

ਚੰਡੀਗੜ੍ਹ ਵਿੱਚ ਸੀਨੀਅਰ ਪੁਲਿਸ ਕਪਤਾਨਾਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਜਲਦੀ ਹੀ ਸੁਧਾਰ ਦੇਖਣ ਨੂੰ ਮਿਲਣਗੇ।
 

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਅਤੇ ਤਸਕਰਾਂ ਵਿਚਕਾਰ ਸਾਂਝ ਨੂੰ ਤੋੜਨ ਲਈ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਜੋ ਵੀ ਪੁਲਿਸ ਅਧਿਕਾਰੀ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ਹੋਇਆ, ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ ਅਤੇ ਜਾਇਦਾਦ ਜ਼ਬਤ ਕਰ ਲਈ ਜਾਵੇਗੀ।
 

ਮੁੱਖ ਮੰਤਰੀ ਨੇ ਹੇਠਲੇ ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਵੀ ਐਲਾਨ ਕੀਤਾ ਅਤੇ ਵਿਭਾਗ ਨੂੰ ਮਜ਼ਬੂਤ ਕਰਨ ਲਈ  ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਗੱਲ ਵੀ ਕਹੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ 10,000 ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। 2002 ਵਿੱਚ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀ ਗਿਣਤੀ 80-81 ਹਜ਼ਾਰ ਸੀ ਅਤੇ ਅੱਜ ਵੀ ਉਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਗਈ ਸੀ। ਮਾਨ ਨੇ ਕਿਹਾ ਕਿ ਸਾਡੇ ਕੋਲ ਪੂਰੀ ਜਾਣਕਾਰੀ ਹੈ। ਸਾਨੂੰ ਸੁਰਾਗ ਮਿਲ ਗਏ ਹਨ ਕਿ ਉਹ ਕਿੱਥੋਂ ਆਏ ਸਨ ਅਤੇ ਕਿੱਥੇ ਸਪਲਾਈ ਕੀਤੇ ਜਾਣਾ ਸੀ। 
 

ਮਾਨ ਨੇ ਕਿਹਾ ਕਿ ਹੇਠਲੇ ਪੱਧਰ ਦੇ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਹੈ। ਦੋਸ਼ ਹਨ ਕਿ ਅਧਿਕਾਰੀ 10 ਸਾਲ ਤੋਂ ਵੱਧ ਸਮੇਂ ਤੋਂ ਇੱਕ ਹੀ ਥਾਣੇ ਵਿੱਚ ਕੰਮ ਕਰ ਰਹੇ ਹਨ ਅਤੇ ਪੱਖਪਾਤ ਚੱਲ ਰਿਹਾ ਹੈ।ਇਸ ਲਈ ਸੂਬੇ ਦੇ ਪੁਲਿਸ ਮੁਖੀ ਨੂੰ ਪੁਲਿਸ ਥਾਣੇ ਵਿੱਚ ਤਾਇਨਾਤ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਕਰਨ ਲਈ ਕਿਹਾ ਗਿਆ ਹੈ।

 

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਪੁਲਿਸ ਅਧਿਕਾਰੀ ਨਸ਼ੇ ਦੀ ਵਿਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਬਰਖਾਸਤ ਕਰ ਦਿੱਤਾ ਜਾਵੇਗਾ। ਬਾਅਦ 'ਚ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾਵੇਗੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ।


ਇਸਦੇ ਨਾਲ ਹੀ ਜੇਕਰ ਕੋਈ ਨਸ਼ਾ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਗ੍ਰਿਫ਼ਤਾਰੀ ਦੇ ਇੱਕ ਹਫ਼ਤੇ ਦੇ ਅੰਦਰ, ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। 

 

ਸੀਐੱਮ ਨੇ ਸੋਸ਼ਲ ਮੀਡੀਆ 'ਤੇ ਇਸ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ

 

"ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ 'ਤੇ ਚਰਚਾ ਕੀਤੀ..."


"ਸੱਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ...ਸਮੱਗਲਰਾਂ ਦੀ ਜਾਇਦਾਦਾਂ ਅਟੈਚ ਹੋਣ ਤੇ ਪੁਲਸ ਅਫਸਰ ਪਿੰਡ ਲੈਵਲ ਤੇ ਲੋਕਾਂ ਨਾਲ ਜ਼ਿਆਦਾ ਰਾਬਤਾ ਰੱਖਣ...ਨਾਲ ਹੀ ਅਫ਼ਸਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਜੇ ਥਾਣਿਆਂ ਚੋਂ ਰਿਸ਼ਵਤ ਦੀ ਸ਼ਿਕਾਇਤ ਆਈ ਜਾਂ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਤਾਂ SSP ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ...ਪੁਲਿਸ ਦੀ ਨਫਰੀ ਵਧਾਉਣ 'ਤੇ ਵੀ ਵਿਚਾਰਾਂ ਹੋਈਆਂ..."

 

ਇਨ੍ਹਾਂ ਸਾਰੇ ਐਲਾਨਾ 'ਤੇ ਜਦੋਂ ਕੋਈ ਕਾਰਵਾਈ ਹੋਵੇਗੀ, ਫਿਰ ਹੀ ਪਤਾ ਲੱਗੇਗਾ ਫਿਲਹਾਲ ਇਹ ਐਕਸ਼ਨ ਨਸ਼ਿਆ ਦੇ ਖਾਤਮੇ ਲਈ ਅਤਿ ਲੋੜੀਂਦੇ ਲੱਗਦੇ ਹਨ।

Comments

ADVERTISEMENT

 

 

 

ADVERTISEMENT

 

 

E Paper

 

Related