ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸਰਕਾਰ (2007-17) ਦੇ ਸਮੇਂ ਕਾਲ ਦੌਰਾਨ ਕੀਤੀਆਂ ਪੰਥ ਵਿਰੋਧੀ ਗਲਤੀਆਂ ਲਈ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ। ਅਕਾਲ ਤਖ਼ਤ ਦੀ ਫ਼ਸੀਲ ਤੋਂ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦੇ ਹੋਏ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਅ ਲੱਗੀ। ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ, ਸਿੱਖ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ ਅਤੇ ਇਸ ਵਿੱਚ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਭਾਈਵਾਲ ਸਿੱਖ ਕੈਬਨਿਟ ਮੰਤਰੀ ਵੀ ਇਸ ਮਾਮਲੇ ਵਿੱਚ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਅਕਾਲ ਤਖ਼ਤ ਵਿਖੇ ਸੌਂਪਣਗੇ।
ਅਕਾਲ ਤਖ਼ਤ ਉੱਤੇ ਸ਼ੁੱਕਰਵਾਰ ਨੂੰ ਪੰਜ ਸਿੰਘਾਂ ਦੀ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਸਨ।
ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਆਪਣੇ ਕੀਤੇ ਹਏ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦਾ ਉਤਨਾ ਚਿਰ ਉਨ੍ਹਾਂ ਨੂੰ ਅਕਾਲ ਤਖ਼ਤ ਤੋਂ ਤਨਖਾਹੀਆ ਘੋਸ਼ਿਤ ਕੀਤਾ ਗਿਆ।
ਅਕਾਲ ਤਖ਼ਤ ਤੋਂ ਸੁਣਾਏ ਗਏ ਫੈਸਲੇ ਤੋਂ ਕੁਝ ਦੇਰ ਬਾਅਦ ਹੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਲਿਖਿਆ, “ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।”
ਜਦੋਂ ਕੋਈ ਸਿੱਖ ਤਨਖਾਹੀਆ ਕਰਾਰ ਹੋ ਜਾਵੇ ਤਾਂ ਉਸ ਨਾਲ ਮਿਲਵਰਤਨ ਰੱਖਣ ਵਾਲਾ ਸਿੱਖ ਵੀ ਤਨਖਾਹੀਆ ਹੀ ਮੰਨਿਆ ਜਾਂਦਾ ਹੈ। ਤਨਖਾਹੀਆ ਸਿੱਖ ਅਕਾਲ ਤਖ਼ਤ ਉੱਤੇ ਪੇਸ਼ ਹੋ ਕੇ ਆਪਣੇ ਗੁਨਾਹ ਕਬੂਲੇ ਲਵੇ ਤਾਂ ਉਸ ਤੋਂ ਬਾਅਦ ਸੁਣਾਈ ਗਈ ਸਜ਼ਾ ਪੂਰੀ ਕਰਨ ਉੱਤੇ ਹੀ ਉਸ ਨੂੰ ਦੁਬਾਰਾ ਸੁਰਖਰੂ ਕੀਤਾ ਜਾਂਦਾ ਹੈ। ਇਤਿਹਾਸ ਵਿੱਚ ਮਹਾਰਾਜਾ ਰਣਜੀਤ ਸਿੰਘ, ਭਾਰਤ ਦੇ ਸਾਬਕਾ ਰਸ਼ਟਰਪਤੀ ਗਿਆਨੀ ਜੈਲ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਜਾ ਚੁੱਕੇ ਹਨ।
ਅਕਾਲੀ ਦਲ ਦੇ ਸਿਧਾਂਤ ਮੁਤਾਬਕ ਇੱਕ ਤਨਖਾਹੀਆ ਸਿੱਖ ਪਾਰਟੀ ਦਾ ਪ੍ਰਧਾਨ ਨਹੀਂ ਰਹਿ ਸਕਦਾ, ਪਰੰਤੂ ਸੁਖਬੀਰ ਸਿੰਘ ਬਾਦਲ ਨੇ ਅਜੇ ਤੱਕ ਪ੍ਰਧਾਨਗੀ ਤੋਂ ਅਸਤੀਫਾ ਨਹੀਂ ਦਿੱਤਾ। ਹਾਲਾਂਕਿ ਪ੍ਰਧਾਨਗੀ ਛੱਡੇ ਬਿਨਾਂ ਹੀ ਸੁਖਬੀਰ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ।
ਹਾਲਾਂਕਿ ਜਥੇਦਾਰਾਂ ਨੇ ਅਕਾਲ ਤਖ਼ਤ ਤੋਂ ਸੁਣਾਏ ਆਪਣੇ ਫੈਸਲੇ ਵਿੱਚ ਫਿਲਹਾਲ ਸੁਖਬੀਰ ਵੱਲੋਂ ਕੀਤੀਆਂ ਗਲਤੀਆਂ ਦਾ ਜ਼ਿਕਰ ਨਹੀਂ ਕੀਤਾ। ਅਕਾਲੀ ਦਲ ਦੀ ਸਰਕਾਰ ਵੇਲੇ ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਹੋਏ, ਫ਼ਰੀਦਕੋਟ ਦੇ ਬਰਗਾੜੀ ਵਿਖੇ ਇਤਰਾਜ਼ਯੋਗ ਪੋਸਟਰ ਲਗਾਏ ਗਏ ਅਤੇ ਜਦੋਂ ਸੰਗਤ ਨੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਧਰਨਾ ਲਗਾਇਆ ਹੋਇਆ ਸੀ ਤਾਂ ਦੋ ਸਿੱਖ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਸਨ। ਬੇਅਦਬੀ ਨਾਲ ਸਬੰਧਤ ਘਟਨਾਵਾਂ ਦੀਆਂ ਤਾਰਾਂ ਡੇਰਾ ਸੱਚਾ ਸੌਦਾ ਦੇ ਮੁਖੀ ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਗੁਰਮੀਤ ਰਾਮ ਰਹੀਮ ਨਾਲ ਜੁੜੀਆਂ ਸਾਹਮਣੇ ਆਈਆਂ ਸਨ। ਇਨ੍ਹਾਂ ਘਟਨਾਵਾਂ ਕਾਰਨ ਅਕਾਲੀ ਦਲ ਨੂੰ ਪੰਜਾਬ ਵਿੱਚ 2017 ਚੋਣਾਂ ਵਿੱਚ 17 ਸੀਟਾਂ ਅਤੇ 2022 ਵਿੱਚ ਕੇਵਲ ਤਿੰਨ ਸੀਟਾਂ ਹੀ ਹਾਸਲ ਹੋਈਆਂ।
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ਉੱਤੇ ਆਪਣੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਮੁਆਫ਼ੀ ਮੰਗੀ ਸੀ। ਅਕਾਲੀ ਦਲ ਦੇ ਕੁਝ ਬਾਗੀ ਆਗੂਆਂ ਨੇ ਵੀ ਅਕਾਲ ਤਖ਼ਤ ਉੱਤੇ ਇੱਕ ਪੱਤਰ ਸੌਂਪ ਕੇ ਅਕਾਲੀ ਸਰਕਾਰ ਮੌਕੇ ਹੋਈਆਂ ਗਲਤੀਆਂ ਲਈ ਖਿਮਾ ਮੰਗੀ ਸੀ।
Comments
Start the conversation
Become a member of New India Abroad to start commenting.
Sign Up Now
Already have an account? Login