ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿਖੇ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਮੇਘਾਲਿਆ ਸਰਕਾਰ ਦੁਆਰਾ ਢਾਹੁਣ ਦੀ ਕਾਰਵਾਈ ਨੂੰ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਹੈ।
ਬੀਤੇ ਦਿਨੀਂ ਸਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਸ. ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੱਕ ਪਹੁੰਚ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਮੇਘਾਲਿਆ ਸਰਕਾਰ ਦੀ ਇੱਕ ਉੱਚ ਪੱਧਰੀ ਕਮੇਟੀ ਵੱਲੋਂ ਸ਼ਿਲਾਂਗ ਦੇ ਬੜਾ ਬਜ਼ਾਰ ਦੀ ਪੰਜਾਬੀ ਕਲੋਨੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਨਾਲ-ਨਾਲ ਹੋਰ ਧਾਰਮਿਕ ਸਥਾਨਾਂ ਨੂੰ ਢਾਹੁਣ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਇਸ ਨਾਲ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ. ਗੁਰਜੀਤ ਸਿੰਘ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਗੁਰਦੁਆਰਾ ਸਾਹਿਬ ਨੂੰ ਬੜਾ ਬਜ਼ਾਰ ਅੰਦਰ ਪੰਜਾਬੀ ਕਲੋਨੀ ਵਾਲੀ ਜਗ੍ਹਾ ਉੱਤੇ ਹੀ ਸੁਰੱਖਿਅਤ ਰੱਖੇ ਜਾਣ ਲਈ ਕਾਰਵਾਈ ਕੀਤੀ ਜਾਵੇ।
ਇਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਧਾਰਿਤ ਇੱਕ ਵਫ਼ਦ ਮੇਘਾਲਿਆ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼ਿਲਾਂਗ ਪੁੱਜਾ ਅਤੇ ਜ਼ੋਰਦਾਰ ਤਰੀਕੇ ਨਾਲ ਸਥਾਨਕ ਸਿੱਖਾਂ ਦੀ ਅਵਾਜ਼ ਨੂੰ ਉਠਾਇਆ।
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਸਰਕਾਰ ਪਾਸੋਂ ਆਸ ਪ੍ਰਗਟਾਈ ਗਈ ਹੈ ਕਿ ਉਹ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਚੱਲ ਰਹੀ ਕਾਰਵਾਈ ਤੁਰੰਤ ਰੋਕਣ ਲਈ ਨਿਰਨਾਯਕ ਹੋਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਕਿ ਸੂਬੇ ਅੰਦਰ ਵੱਸਦੇ ਹਰ ਧਰਮ ਅਤੇ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਖਵਾਲੀ ਕਰੇ। ਉਨ੍ਹਾਂ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਲੇਨ ਵਿਖੇ ਵੱਸੇ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਢਾਹੁਣ ਦੀ ਕਾਰਵਾਈ ਦਾ ਮਾਮਲਾ ਵੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਇਸ ਵਿੱਚ ਵੀ ਮੇਘਾਲਿਆ ਸਰਕਾਰ ਨੂੰ ਸਥਾਨਕ ਸਿੱਖਾਂ ਦੇ ਰਿਹਾਇਸ਼ੀ ਹੱਕਾਂ ਦੀ ਸੁਰੱਖਿਆ ਕਰਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਕੋਈ ਧੱਕਾ ਨਾ ਹੋਵੇ। ਇਸ ਮੌਕੇ ਸੇਵ ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋ. ਜਗਮੋਹਨ ਸਿੰਘ ਅਤੇ ਸਥਾਨਕ ਸਿੱਖ ਨੁਮਾਇੰਦੇ ਵੀ ਹਾਜ਼ਰ ਸਨ।
Comments
Start the conversation
Become a member of New India Abroad to start commenting.
Sign Up Now
Already have an account? Login